Wednesday 24 August 2016

ਨਵਉਦਾਰਵਾਦੀ ਆਰਥਿਕ ਨੀਤੀਆਂ ਦੇ ਵਿਰੋਧ ਵਿਚ 2 ਸਤੰਬਰ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ ਪੰਜਾਬ ਦੀਆਂ ਚਾਰ ਖੱਬੀਆਂ ਪਾਰਟੀਆਂ ਵਲੋਂ ਪੁਰਜ਼ੋਰ ਸਮਰਥਨ

ਪੰਜਾਬ ਦੀਆਂ 4 ਖੱਬੀਆਂ ਪਾਰਟੀਆਂ ਦਾ ਸਾਂਝਾ ਮੋਰਚਾ  
(ਸੀ.ਪੀ.ਆਈ.; ਸੀ.ਪੀ.ਆਈ.(ਐਮ); ਸੀ.ਪੀ.ਐਮ.ਪੰਜਾਬ; ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ)

ਜਲੰਧਰ, 24 ਅਗਸਤ - ਮੋਦੀ ਸਰਕਾਰ ਵਲੋਂ ਮਜ਼ਦੂਰ ਜਮਾਤ ਉਪਰ ਕੀਤੇ ਜਾ ਰਹੇ ਬੇਕਿਰਕ ਹਮਲਿਆਂ ਅਤੇ ਦੇਸ਼ ਨੂੰ ਤਬਾਹ ਕਰਨ ਵਾਲੀਆਂ ਅਪਣਾਈਆਂ ਜਾ ਰਹੀਆਂ ਨਵਉਦਾਰਵਾਦੀ ਆਰਥਿਕ ਨੀਤੀਆਂ ਦੇ ਵਿਰੋਧ ਵਿਚ 2 ਸਤੰਬਰ ਨੂੰ ਸਾਰੀਆਂ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ ਪੰਜਾਬ ਦੀਆਂ ਚਾਰ ਖੱਬੀਆਂ ਪਾਰਟੀਆਂ ਸੀ.ਪੀ.ਆਈ., ਸੀ.ਪੀ.ਆਈ.(ਐਮ), ਸੀ.ਪੀ.ਐਮ.ਪੰਜਾਬ ਅਤੇ ਸੀ.ਪੀ.ਆਈ.(ਐਮ.ਐਲ.) ਲਿਬਰੇਸ਼ਨ ਨੇ ਪੁਰਜ਼ੋਰ ਸਮਰਥਨ ਕੀਤਾ ਹੈ।
ਇਹ ਐਲਾਨ ਚਾਰ ਖੱਬੀਆਂ ਪਾਰਟੀਆਂ ਦੇ ਸਕੱਤਰਾਂ ਸਰਵ ਸਾਥੀ ਹਰਦੇਵ ਅਰਸ਼ੀ, ਚਰਨ ਸਿੰਘ ਵਿਰਦੀ, ਮੰਗਤ ਰਾਮ ਪਾਸਲਾ, ਗੁਰਮੀਤ ਸਿੰਘ ਬਖਤਪੁਰਾ ਨੇ ਇਕ ਸਾਂਝੇ ਬਿਆਨ ਵਿਚ ਕੀਤਾ।
ਆਗੂਆਂ ਨੇ ਅੱਗੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਸਾਮਰਾਜੀਆਂ ਨੂੰ ਦਿੱਤੇ ਜਾ ਰਹੇ ਸਿੱਧੇ ਪੂੰਜੀ ਨਿਵੇਸ਼ ਦੇ ਸੱਦਿਆਂ ਕਾਰਨ ਦੇਸ਼ ਦੇ ਜਲ, ਜੰਗਲ, ਜ਼ਮੀਨ ਅਤੇ ਮਨੱੁਖੀ ਸਰੋਤ ਪੂਰੀ ਤਰ੍ਹਾਂ  ਤਬਾਹ ਹੋ ਜਾਣਗੇ ਤੇ ਦੇਸ਼ ਮੁੜ ਸਾਮਰਾਜੀ ਗੁਲਾਮੀ ਦੇ ਸੰਗਲਾਂ ਵਿਚ ਜਕੜਿਆ ਜਾਵੇਗਾ। ਇਨ੍ਹਾਂ ਨੀਤੀਆਂ ਸਦਕਾ ਪਹਿਲਾਂ ਹੀ ਦੇਸ਼ ਦੇ ਲੋਕ ਅੱਤ ਦੀ ਮਹਿੰਗਾਈ, ਗਰੀਬੀ, ਬੇਕਾਰੀ, ਭਰਿਸ਼ਟਾਚਾਰ, ਅਰਾਜਕਤਾ ਤੇ ਪੁਲਸ ਜਬਰ ਨਾਲ ਬੇਹਾਲ ਹੋਏ ਪਏ ਹਨ। ਕਥਿਤ ਆਰਥਿਕ ਸੁਧਾਰਾਂ ਅਤੇ ਨਿੱਜੀਕਰਨ ਦੀ ਪ੍ਰਕਿਰਿਆ ਨਾਲ ਸਰਕਾਰ ਲੋਕਾਂ ਨੂੰ ਪ੍ਰਦਾਨ ਕਰਨ ਵਾਲੀਆਂ ਮੁਢਲੀਆਂ ਸਹੂਲਤਾਂ ਜਿਵੇਂ ਸਿਹਤ, ਵਿਦਿਆ, ਰੁਜ਼ਗਾਰ, ਆਵਾਸ, ਸਮਾਜਿਕ ਸੁਰੱਖਿਆ ਇਤਿਆਦੀ ਤੋਂ ਕਿਨਾਰਾ ਕਰੀ ਬੈਠੀ ਹੈ।
ਖੱਬੀਆਂ ਧਿਰਾਂ ਦੇ ਆਗੂਆਂ ਨੇ ਅੱਗੋਂ ਕਿਹਾ ਕਿ ਆਰ.ਐਸ.ਐਸ. ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲ ਰਹੀ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਵਿਸ਼ਾਲ ਜਨਤਕ ਘੋਲ ਛੇੜਨ ਤੋਂ ਬਿਨਾਂ ਹੋਰ ਕੋਈ ਦੂਸਰਾ ਰਸਤਾ ਨਹੀਂ ਬਚਿਆ।
ਖੱਬੇ ਪੱਖੀ ਆਗੂਆਂ ਨੇ ਪੰਜਾਬ ਦੇ ਸਮੂਹ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਦੁਕਾਨਦਾਰਾਂ ਤੇ ਟਰਾਂਸਪੋਰਟ ਕਾਮਿਆਂ ਤੇ ਹੋਰ ਮਿਹਨਤੀ ਲੋਕਾਂ ਨੂੰ 2 ਸਤੰਬਰ ਦੀ ਹੜਤਾਲ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ ਤੇ ਇਸ ਜਨਤਕ ਐਕਸ਼ਨ ਨੂੰ ਪੰਜਾਬ ਬੰਦ ’ਚ ਤਬਦੀਲ ਕਰਨ ਦਾ ਸੱਦਾ ਦਿੱਤਾ ਹੈ। ਇਸ ਫਿਰਕੂ ਸਾਮਰਾਜ ਪੱਖੀ ਟੋਲੇ ਤੋਂ ਦੇਸ਼ ਨੂੰ ਬਚਾਉਣ ਦਾ ਇਹੀ ਇਕੋ ਇਕ ਤਰੀਕਾ ਹੈ। 
(ਮੰਗਤ ਰਾਮ ਪਾਸਲਾ)98141-82998

No comments:

Post a Comment